View Details << Back

ਧਰਮ ਦੀ ਚਾਦਰ’ ਵਜੋਂ ਦਿੱਤੇ ਬਲੀਦਾਨ ਨੂੰ ਮਾਨਵੀ ਅਧਿਕਾਰਾਂ ਤੇ ਧਾਰਮਿਕ ਆਜ਼ਾਦੀ ਦੀ ਰਾਖੀ ਦੇ ਸੰਦੇਸ਼ ਨੂੰ ਰੂਪਮਾਨ ਕਰਨ ਲਈ ਵਿਸ਼ਵ ਪੱਧਰੀ ਯੋਜਨਾ
ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਕਰੇ ਚਾਰਾਜੋਈ- ਗਲੋਬਲ ਸਿੱਖ ਕੌਂਸਲ

ਭਵਾਨੀਗੜ (ਗੁਰਵਿੰਦਰ ਸਿੰਘ) : ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ‘ਧਰਮ ਦੀ ਚਾਦਰ’ ਵਜੋਂ ਸਤਿਕਾਰੇ ਜਾਂਦੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀ ਯਾਦ ਵਿੱਚ ਦੁਨੀਆਂ ਭਰ ’ਚ ਕਰਵਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਲਈ ਚਾਰਾਜੋਈ ਕਰਨ ਲਈ ਅਪੀਲ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਲਿਖੇ ਇੱਕ ਵਿਸਤ੍ਰਿਤ ਪੱਤਰ ਵਿੱਚ ਕੌਂਸਲ ਦੇ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ ਨੇ 11 ਮੁੱਖ ਪ੍ਰਸਤਾਵ ਪੇਸ਼ ਕੀਤੇ ਹਨ, ਜਿਨ੍ਹਾਂ ਦਾ ਉਦੇਸ਼ ‘‘ਮਨੁੱਖਤਾ ਦੇ ਰਾਖੇ’’ ਗੁਰੂ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਵਿਸ਼ਵ ਪੱਧਰ ‘ਤੇ ਮਨਾਉਂਦਿਆਂ ਮਾਨਵੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਕਦਰਾਂ-ਕੀਮਤਾਂ ਦੀ ਰਾਖੀ ਲਈ ਗੁਰੂ ਸਾਹਿਬ ਵੱਲੋਂ ਦਿੱਤੇ ਮਹਾਨ ਬਲੀਦਾਨ ਨੂੰ ਚੇਤੇ ਕਰਨਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਵੱਧ ਤੋਂ ਵੱਧ ਪ੍ਰਚਾਰ ਤੇ ਪਸਾਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਐਸ.ਜੀ.ਪੀ.ਸੀ. ਅੱਗੇ ਇਹ ਤਜਵੀਜ਼ਾਂ ਰੱਖਣ ਲਈ ਜੀ.ਐਸ.ਸੀ. ਦੀ ਕਾਰਜਕਾਰੀ ਕਮੇਟੀ ਵੱਲੋਂ ਇੱਕ ਆਨਲਾਈਨ ਮੀਟਿੰਗ ਕੀਤੀ ਗਈ ਜਿਸ ਵਿੱਚ ਚੇਅਰਮੈਨ ਲਾਰਡ ਇੰਦਰਜੀਤ ਸਿੰਘ, ਉਪ ਪ੍ਰਧਾਨ ਪਰਮਜੀਤ ਸਿੰਘ ਬੇਦੀ ਅਮਰੀਕਾ ਅਤੇ ਰਾਮ ਸਿੰਘ ਰਾਠੌਰ ਮੁੰਬਈ, ਸਕੱਤਰ ਹਰਜੀਤ ਸਿੰਘ ਗਰੇਵਾਲ ਚੰਡੀਗੜ੍ਹ, ਖਜ਼ਾਨਚੀ ਹਰਸਰਨ ਸਿੰਘ ਪੁਡੂਚੇਰੀ ਅਤੇ ਕਾਰਜਕਾਰਨੀ ਦੇ ਮੈਂਬਰ ਜਗੀਰ ਸਿੰਘ ਮਲੇਸ਼ੀਆ, ਸਤਨਾਮ ਸਿੰਘ ਪੂਨੀਆ ਯੂਕੇ, ਗੁਰਦਿਆਲ ਸਿੰਘ ਫਰਾਂਸ, ਕਿਰਨਦੀਪ ਕੌਰ ਸੰਧੂ ਨੇਪਾਲ ਅਤੇ ਹਰਬੀਰ ਪਾਲ ਸਿੰਘ ਭਾਟੀਆ ਆਸਟਰੇਲੀਆ ਸਮੇਤ ਡਾ. ਕਰਮਿੰਦਰ ਸਿੰਘ ਇੰਡੋਨੇਸ਼ੀਆ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਡਾ. ਕੰਵਲਜੀਤ ਕੌਰ ਨੇ ਐਸ.ਜੀ.ਪੀ.ਸੀ. ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਸ਼ਹੀਦੀ ਪੁਰਬ ਸਬੰਧੀ ਪੰਜਾਬ ‘ਚ ਕਰਵਾਏ ਜਾਣ ਵਾਲੇ ਵੱਡੇ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਰਾਸ਼ਟਰਪਤੀਆਂ, ਪ੍ਰਧਾਨ ਮੰਤਰੀਆਂ, ਵੱਖ-ਵੱਖ ਦੇਸ਼ਾਂ ਅਤੇ ਰਾਜਾਂ ਦੇ ਮੁਖੀਆਂ ਸਮੇਤ ਭਾਰਤ ਵਿੱਚ ਉਨ੍ਹਾਂ ਦੇ ਕੂਟਨੀਤਕ ਪ੍ਰਤੀਨਿਧੀਆਂ ਨੂੰ ਅਧਿਕਾਰਤ ਤੌਰ ’ਤੇ ਸੱਦਾ ਦੇਣ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਗੁਰੂ ਸਾਹਿਬ ਦੀ ਭੂਮਿਕਾ ਬਾਰੇ ਸਾਰੇ ਮੁਲਕਾਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਡਾ. ਕੰਵਲਜੀਤ ਕੌਰ ਨੇ ਐਸ.ਜੀ.ਪੀ.ਸੀ. ਨੂੰ ਸਾਰੇ ਦੇਸ਼ਾਂ ਵਿੱਚ ਵੱਖ-ਵੱਖ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਿੱਖ ਪੈਰੋਕਾਰਾਂ ਦੀ ਸ਼ਹਾਦਤ ’ਤੇ ਕੇਂਦ੍ਰਿਤ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਕਰਵਾਉਣ ਦੀ ਅਪੀਲ ਵੀ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਵੱਡੇ-ਵੱਡੇ ਗੁਰੂ ਕੇ ਲੰਗਰ ਲਗਾਉਣ ਦੀ ਥਾਂ ਗੁਰੂ ਸਾਹਿਬ ਦੀ ਸ਼ਹਾਦਤ ਦੀ ਮਹੱਤਤਾ ਬਾਰੇ ਅਧਿਆਤਮਕ ਅਤੇ ਵਿਦਿਅਕ ਪ੍ਰੋਗਰਾਮਾਂ ਕਰਵਾਉਣ ਦਾ ਸੁਝਾਅ ਵੀ ਦਿੱਤਾ ਹੈ। ਡਾ. ਕੰਵਲਜੀਤ ਕੌਰ ਨੇ ਕਿਹਾ ਕਿ ਕੌਂਸਲ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਇੱਕ ਸਾਲਾਨਾ ਅੰਤਰਰਾਸ਼ਟਰੀ ਪੁਰਸਕਾਰ ਸ਼ੁਰੂ ਕਰਨ ਦੀ ਵੀ ਸਿਫਾਰਸ਼ ਕੀਤੀ ਹੈ ਜੋ ਵਿਸ਼ਵ ਭਰ ਵਿੱਚ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਤਰਫ਼ੋਂ ਦਿੱਤਾ ਜਾਵੇ। ਗਲੋਬਲ ਸਿੱਖ ਕੌਂਸਲ ਨੇ ਇਹਨਾਂ ਪਹਿਲਕਦਮੀਆਂ ਦੇ ਅਮਲ ਵਿੱਚ ਸ਼੍ਰੋਮਣੀ ਕਮੇਟੀ ਨੂੰ ਆਪਣੇ ਪੂਰੇ ਸਹਿਯੋਗ ਅਤੇ ਸਮਰਥਨ ਦੀ ਪੇਸ਼ਕਸ਼ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਪੁਰਬ ਉਨ੍ਹਾਂ ਵੱਲੋਂ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਦੇ ਦਿਖਾਏ ਮਾਰਗ ਅਤੇ ਗੁਰੂ ਸਾਹਿਬ ਦੇ ਫ਼ਲਸਫ਼ੇ ਦੇ ਸਹੀ ਅਰਥਾਂ ਵਿੱਚ ਪ੍ਰਚਾਰ-ਪਸਾਰ ਲਈ ਇੱਕ ਇਤਿਹਾਸਕ ਕਦਮ ਸਾਬਤ ਹੋਵੇਗਾ।

   
  
  ਮਨੋਰੰਜਨ


  LATEST UPDATES











  Advertisements